breaking newsLatest NewsPunjabਖ਼ਬਰਾਂ

ਬੇਸਹਾਰਾ ਲੋਕਾਂ ਤੋਂ ਲੱਖਾਂ ਰੁਪਏ ਇਲਾਜ ਦੇ ਨਾਂ ’ਤੇ ਲੁੱਟੇ ਜਾ ਰਹੇ ਹਨ, ਇਲਾਜ ਹੋਣਾ ਚਾਹੀਦਾ ਮੁਫ਼ਤ

ਚੰਡੀਗੜ੍ਹ :  ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ ਦਾ ਭੱਠਾ ਬੈਠ ਗਿਆ ਹੈ ਅਤੇ ਵੱਡੀ ਘਾਟ ਦੇ ਬਾਵਜੂਦ ਵੀ ਲੋੜੀਂਦੇ ਮੁਲਾਜ਼ਮਾਂ ਦੀ ਭਰਤੀ ਨਹੀਂ ਕੀਤੀ ਜਾ ਰਹੀ। ਲੋੜੀਂਦਾ ਸਟਾਫ਼ ਨਾ ਹੋਣ ਕਾਰਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਕਾਂਗਰਸ ਸਰਕਾਰ ਨੇ ਸਰਕਾਰੀ ਵੈਂਟੀਲੇਟਰ ਨਿੱਜੀ ਹਸਪਤਾਲਾਂ ਨੂੰ ਸੌਂਪ ਦਿੱਤੇ ਹਨ।
ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸਮੇਂ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਬੁਰੀ ਤਰ੍ਹਾਂ ਫ਼ੇਲ ਹੋਣ ਜਾਣ ਕਾਰਨ ਸੂਬੇ ਦੇ ਲੋਕ ਆਪਣੇ ਆਪ ਨੂੰ ਬੇਸਹਾਰਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੇਸਹਾਰਾ ਹੋਏ ਲੋਕਾਂ ਤੋਂ ਲੱਖਾਂ ਰੁਪਏ ਇਲਾਜ ਦੇ ਨਾਂ ’ਤੇ ਲੁੱਟੇ ਜਾ ਰਹੇ ਹਨ, ਜਿਹੜਾ ਇਲਾਜ ਸਰਕਾਰ ਵੱਲੋਂ ਮੁਫ਼ਤ ਕੀਤਾ ਜਾਣਾ ਚਾਹੀਦਾ ਸੀ।

ਬੀਬਾ ਮਾਣੂੰਕੇ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਇੱਕ ਪਾਸੇ ਕੋਰੋਨਾ ਪੀੜਤ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਅਤੇ ਆਕਸੀਜਨ ਦੀ ਘਾਟ ਪਾਈ ਜਾ ਰਹੀ ਹੈ। ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਦਿੱਤੇ 300 ਵੈਂਟੀਲੇਟਰ ਸੂਬੇ ਦੇ ਹਸਪਤਾਲਾਂ ਵਿੱਚ ਧੂੱੜ ਚੱਖ ਰਹੇ ਹਨ ਕਿਉਂਕਿ ਪੰਜਾਬ ਦੇ ਸਿਹਤ ਵਿਭਾਗ ਕੋਲ ਵੈਂਟੀਲੇਟਰ ਚਲਾਉਣ ਵਾਲਾ ਸਟਾਫ਼ ਨਹੀਂ ਹੈ। ਸਗੋਂ ਕੈਪਟਨ ਸਰਕਾਰ ਨੇ ਬਠਿੰਡਾ ਅਤੇ ਮੋਹਾਲੀ ’ਚ ਬਹੁਤ ਸਾਰੇ ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ ਦੇ ਦਿੱਤੇ। ਉਨ੍ਹਾਂ ਸਵਾਲ ਕੀਤਾ ਕਿ, ਕੀ ਪ੍ਰਾਈਵੇਟ ਹਸਪਤਾਲ ਸਰਕਾਰੀ ਹਸਪਤਾਲਾਂ ਦੀ ਤਰ੍ਹਾਂ ਪੀੜਤਾਂ ਦਾ ਮੁਫ਼ਤ ਇਲਾਜ ਕਰਨਗੇ? ਵਿਧਾਇਕਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਚਿਤਾਵਨੀ ਦੇ ਬਾਵਜੂਦ ਕੈਪਟਨ ਸਰਕਾਰ ਨੇ ਨਾ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ਼ ਦੀ ਭਰਤੀ ਕੀਤੀ ਹੈ ਅਤੇ ਨਾ ਹੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਵਿੱਚ ਸੁਧਾਰ ਕੀਤਾ ਹੈ।

ਕੈਪਟਨ ਵੱਲੋਂ ਜਿਨਾਂ ਪ੍ਰਾਈਵੇਟ ਹਸਪਤਾਲਾਂ ਨੂੰ ਵੈਂਟੀਲੇਟਰ ਦਿੱਤੇ ਗਏ ਹਨ, ਏਹੋ ਪ੍ਰਾਈਵੇਟ ਹਸਪਤਾਲ ਕੋਵਿਡ ਮਰੀਜ ਤੋਂ 8 ਤੋਂ 10 ਲੱਖ ਰੁਪਏ ਇਲਾਜ ਦੇ ਨਾਂ ’ਤੇ ਵਸੂਲ ਕਰ ਰਹੇ ਹਨ। ਇਸ ਤਰ੍ਹਾਂ ਇਲਾਜ ਦੇ ਨਾਂ ’ਤੇ ਆਮ ਆਦਮੀ ਦੀ ਲੁੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਵਿਭਾਗਾਂ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਪ੍ਰਾਈਵੇਟ ਮਾਫ਼ੀਏ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਪੰਜਾਬ ਦੇ ਬਹੁਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਵੈਂਟੀਲੇਟਰ ਪ੍ਰਣਾਲੀ ਹੀ ਨਹੀਂ ਹੈ, ਇੱਥੋਂ ਤੱਕ ਕਿ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਦੇ ਖ਼ੁਦ ਦੇ ਜ਼ਿਲ੍ਹੇ ਮੋਹਾਲੀ ਦੇ ਹਸਪਤਾਲਾਂ ਵਿੱਚ ਵੀ ਗੰਭੀਰ ਪੀੜਤਾਂ ਦੇ ਇਲਾਜ ਲਈ ਵੈਂਟੀਲੇਟਰ ਪ੍ਰਣਾਲੀ ਨਹੀਂ ਹੈ।

ਬੀਬਾ ਮਾਣੂੰਕੇ ਨੇ ਦੋਸ਼ ਲਾਇਆ ਕੈਪਟਨ ਸਰਕਾਰ ਨੇ ਕੋਰੋਨਾ ਦੇ ਇਲਾਜ ਲਈ ਸੂਬੇ ’ਚ ਇੱਕ ਵੀ ਚੰਗਾ ਹਸਪਤਾਲ ਨਹੀਂ ਬਣਾਇਆ। ਸਰਕਾਰ ਨੇ ਮਹਾਂਮਾਰੀ ਨੂੰ ਦੇਖਦਿਆਂ ਲੋੜੀਂਦੀ ਸਟਾਫ਼ ਦੀ ਭਰਤੀ ਨਹੀਂ ਕੀਤੀ ਅਤੇ ਹੁਣ ਰਾਸ਼ਟਰੀ ਸਿਹਤ ਮਿਸ਼ਨ ਦੇ ਹਜ਼ਾਰਾਂ ਕਾਮੇ ਵੀ ਹੜਤਾਲ ’ਤੇ ਚਲੇ ਗਏ ਹਨ। ਸਿਹਤ ਵਿਭਾਗ ਦੇ ਹਜ਼ਾਰਾਂ ਵਰਕਰ ਦਸ ਹਜ਼ਾਰ ਰੁਪਏ ਦੀ ਨਿਗੂਣੀ ਤਨਖਾਹ ’ਤੇ ਕੰਮ ਕਰਨ ਲਈ ਮਜਬੂਰ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਸੂਬੇ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਅਤੇ ਡਾਕਟਰਾਂ ਦਾ ਪ੍ਰਬੰਧ ਕਰਨ ਅਤੇ ਦਵਾਈਆਂ ਦੀ ਕਾਲਾਬਾਜਾਰੀ ਰੋਕਣ।

Related Articles

Leave a Reply

Your email address will not be published. Required fields are marked *

Back to top button
Close
Close