31 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ, ਸੁਰੱਖਿਆ ਏਜੰਸੀਆਂ ਅਲਰਟ | SFJ

ਚੰਡੀਗੜ੍ਹ 27 ਅਗਸਤ 2020
ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫਾਰ ਜਸਟਿਸ ਵੱਲੋਂ 31 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਦਰਅਸਲ 31 ਅਗਸਤ ਨੂੰ ਕੌਮੀ ਸ਼ਹੀਦ ਦਿਲਾਵਰ ਸਿੰਘ ਬੱਬਰ ਦੀ ਬਰਸੀ ਹੈ। ਜਿਸ ਨੇ 31 ਅਗਸਤ 1995 ਨੂੰ ਮਨੁੱਖੀ ਬੰਬ ਬਣ ਕੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕੀਤਾ ਸੀ। ਲਿਹਾਜ਼ਾ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਨੂੰ ਵੇਖਦਿਆਂ ਵੱਖ ਵੱਖ ਥਾਵਾਂ ‘ਤੇ ਖੂਫੀਆ ਏਜੰਸੀਆਂ ਤਾਇਨਾਤ ਹੋ ਗਈਆਂ ਹਨ। ਪੰਜਾਬ ਪੁਲਿਸ ਨੂੰ ਵੀ ਚੌਕਸ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ। ਮਰਹੂਮ ਬੇਅੰਤ ਸਿੰਘ ਦੇ ਪੋਤਰੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਗੁਰਪਤਵੰਤ ਸਿੰਘ ਪੰਨੂ ਵੱਲੋਂ ਵਿਦੇਸ਼ਾਂ ‘ਚ ਬੈਠ ਕੇ ਪੰਜਾਬੀ ਨੌਜਵਾਨਾਂ ਨੂੰ ਪੈਸੇ ਦਾ ਲਾਲਚ ਦੇ ਕੇ ਭੜਕਾਇਆ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਦੇਸ਼-ਵਿਦੇਸ਼ ‘ਚ ਬੈਠੀਆਂ ਅੱਤਵਾਦੀ ਤੇ ਵੱਖਵਾਦੀ ਤਾਕਤਾਂ ਵੱਲੋਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਲਾਂਬੂ ਲਾਉਣ ਦੀਆਂ ਕੋਸ਼ਿਸ਼ਾ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਸੁਚੇਤ ਹੋਣ ਦੀ ਲੋੜ ਹੈ।



